45
ਨਿਰਦੇਸ਼ਕ ਲਈ: “ਸੋਸਨ ਦੀ ਧੁਨ।” ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਪਿਆਰਾ ਗੀਤ। 
1 ਮੇਰਾ ਮਨ ਸੁਹਣੇ ਸ਼ਬਦਾਂ ਨਾਲ ਭਰਿਆ ਹੈ 
ਜਦੋਂ ਮੈਂ ਇਹ ਗੱਲਾਂ ਆਪਣੇ ਰਾਜੇ ਲਈ, ਲਿਖ ਰਿਹਾ ਹਾਂ। 
ਮੇਰੀ ਜ਼ੁਬਾਨ ਵਿੱਚੋਂ ਸ਼ਬਦ ਇਉਂ ਨਿਕਲਦੇ ਹਨ 
ਜਿਵੇਂ ਸ਼ਬਦ ਕਿਸੇ ਕੁਸ਼ਲ ਲਿਖਾਰੀ ਦੀ ਕਲਮ ਵਿੱਚੋਂ ਨਿਕਲਦੇ ਹਨ। 
2 ਤੁਸੀਂ ਹਰ ਇੱਕ ਨਾਲੋਂ ਵੱਧੇਰੇ ਸੁਹਣੇ ਹੋ। 
ਤੁਸੀਂ ਬਹੁਤ ਚੰਗੇ ਵਕਤਾ ਹੋ। 
ਇਸੇ ਲਈ ਪਰਮੇਸ਼ੁਰ ਸਦੀਵੀ ਤੁਹਾਨੂੰ ਅਸੀਸ ਦੇਵੇਗਾ। 
3 ਆਪਣੀ ਤਲਵਾਰ ਪਹਿਨ ਲਵੋ। 
ਆਪਣੀ ਸ਼ਾਨਦਾਰ ਵਰਦੀ ਪਾ ਲਵੋ। 
4 ਤੁਸੀਂ ਅਦਭੁਤ ਦਿਖਾਈ ਦਿੰਦੇ ਹੋ। ਜਾਉ ਨੇਕੀ ਅਤੇ ਨਿਰਪੱਖਤਾ ਲਈ ਲੜਾਈ ਜਿੱਤੋਂ। 
ਤੁਹਾਡੇ ਤਾਕਤਵਰ ਸੱਜੇ ਹੱਥ ਨੂੰ ਹੈਰਾਨੀ ਭਰੀਆਂ ਗੱਲਾਂ ਸਿੱਖਾਈਆਂ ਗਈਆਂ ਸਨ। 
5 ਤੁਹਾਡੇ ਤੀਰ ਤਿੱਖੇ ਹਨ, ਤੁਹਾਡੇ ਦੁਸ਼ਮਣਾਂ ਦੇ ਦਿਲਾਂ ਅੰਦਰ ਡੂੰਘੇ ਉਤਰਦੇ ਹਨ। 
ਧਰਤੀ ਉੱਤੇ ਲੋਕ ਤੁਹਾਡੇ ਸਾਹਮਣੇ ਡਿੱਗਣਗੇ। 
6 ਹੇ ਪਰਮੇਸ਼ੁਰ, ਤੁਹਾਡਾ ਤਖਤ ਸਦੀਵੀ ਹੈ। 
ਇਮਾਨਦਾਰੀ ਤੁਹਾਡੇ ਰਾਜ ਦਾ ਸ਼ਾਹੀ ਨਿਸ਼ਾਨ ਹੈ। 
7 ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ। 
ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ। 
8 ਤੁਹਾਡੇ ਸਾਰੇ ਵਸਤਰ ਮੁਰ, ਅਗਰ ਅਤੇ ਤੱਜ ਨਾਲ ਸੁਗੰਧਿਤ ਹਨ। 
ਇੱਥੋਂ ਹਾਥੀ ਦੰਦਾਂ ਨਾਲ ਸਜਾਏ ਹੋਏ ਮਹਿਲਾਂ ਵਿੱਚੋਂ ਤੁਹਾਡੇ ਮਨੋਰੰਜਨ ਲਈ ਸੰਗੀਤ ਦੀ ਧੁਨ ਉੱਠਦੀ ਹੈ। 
9 ਵਹੁਟੀ ਦੀਆਂ ਸਹੇਲੀਆਂ ਰਾਜਿਆਂ ਦੀਆਂ ਧੀਆਂ ਹਨ। 
ਸੁੱਚੇ ਸੋਨੇ ਦਾ ਤਾਜ ਪਹਿਨੇ ਹੋਏ ਤੁਹਾਡਾ ਲਾੜਾ, ਤੁਹਾਡੇ ਸੱਜੇ ਪਾਸੇ ਖੜਾ ਹੈ। 
10 ਧੀਏ, ਮੈਨੂੰ ਸੁਣ, ਧਿਆਨ ਨਾਲ ਸੁਣੀ, ਅਤੇ ਤੂੰ ਸਮਝੀਂ। 
ਆਪਣੇ ਲੋਕਾਂ ਨੂੰ ਅਤੇ ਆਪਣੇ ਬਾਬਲ ਦੇ ਪਰਿਵਾਰਾਂ ਨੂੰ ਭੁੱਲ ਜਾ। 
11 ਰਾਜਾ ਤੇਰੀ ਸੁੰਦਰਤਾ ਦੀ ਇੱਛਾ ਕਰਦਾ ਹੈ। 
ਉਹ ਤੇਰਾ ਨਵਾਂ ਪਤੀ ਹੋਵੇਗਾ 
ਇਸ ਲਈ ਤੈਨੂੰ ਉਸਦਾ ਆਦਰ ਕਰਨਾ ਚਾਹੀਦਾ ਹੈ। 
12 ਸੂਰ ਦੇ ਅਮੀਰ ਲੋਕ ਸੁਗਾਤਾਂ ਨਾਲ ਤੈਨੂੰ ਮਿਲਣ ਲਈ ਆਉਣਗੇ। 
13 ਸ਼ਹਿਜ਼ਾਦੀ ਆਪਣੇ ਲਿਬਾਸ ਵਿੱਚ, ਜਿਹੜਾ ਖਾਲਸ ਸੋਨੇ ਦਾ ਬਣਿਆ ਹੈ। 
ਸੋਨੇ ਵਿੱਚ ਮੜ੍ਹੇ ਹੀਰੇ ਵਾਂਗ ਲੱਗਦੀ ਹੈ। 
14 ਲਾੜੀ ਨੂੰ ਉਸਦੀ ਸੁੰਦਰ ਪੁਸ਼ਾਕ ਵਿੱਚ ਰਾਜੇ ਕੋਲ ਲਿਆਂਦਾ ਗਿਆ, 
ਅਤੇ ਲਾੜੀ ਦੀਆਂ ਸਹੇਲੀਆਂ ਉਸ ਦੇ ਪਿੱਛੇ-ਪਿੱਛੇ ਆਈਆਂ। 
15 ਉਹ ਖੁਸ਼ੀ ਨਾਲ ਭਰੀਆਂ ਹੋਈਆਂ ਆਉਂਦੀਆਂ ਹਨ। 
ਉਹ ਖੁਸ਼ੀ ਨਾਲ ਭਰੀਆਂ ਰਾਜੇ ਦੇ ਮਹਿਲ ਵਿੱਚ ਦਾਖਲ ਹੁੰਦੀਆਂ ਹਨ। 
16 ਰਾਜਾ ਤੁਹਾਡੇ ਪੁੱਤਰ ਤੁਹਾਡੇ ਪਿੱਛੋਂ ਰਾਜ ਕਰਨਗੇ। 
ਤੁਸੀਂ ਉਨ੍ਹਾਂ ਨੂੰ ਸਾਰੀ ਧਰਤੀ ਦਾ ਹਾਕਮ ਬਣਾ ਦੇਵੋਂਗੇ। 
17 ਮੈਂ ਸਦਾ ਲਈ ਤੁਹਾਡਾ ਨਾਮ ਰੌਸ਼ਨ ਕਰਾਂਗਾ। 
ਲੋਕ ਸਦਾ-ਸਦਾ ਲਈ ਤੁਹਾਡੀ ਉਸਤਤਿ ਕਰਨਗੇ।