84
ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। 
1 ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ। 
2 ਯਹੋਵਾਹ, ਮੈਂ ਤੁਹਾਡੇ ਮੰਦਰ ਵਿੱਚ ਦਾਖਲ ਹੋਣ ਲਈ ਹੋਰ ਵੱਧੇਰੇ ਇੰਤਜ਼ਾਰ ਨਹੀਂ ਕਰ ਸੱਕਦਾ। 
ਮੈਂ ਇੰਨਾ ਉਤਸਾਹਿਤ ਹਾਂ। 
ਮੇਰੇ ਸ਼ਰੀਰ ਦਾ ਰੋਮ-ਰੋਮ ਜਿਉਂਦੇ ਪਰਮੇਸ਼ੁਰ ਦਾ ਸੰਗ ਚਾਹੁੰਦਾ ਹੈ। 
3 ਯਹੋਵਾਹ ਸਰਬ ਸ਼ਕਤੀਮਾਨ, ਮੇਰੇ ਰਾਜੇ, ਮੇਰੇ ਪਰਮੇਸ਼ੁਰ, 
ਪੰਛੀਆਂ ਨੇ ਵੀ ਤੇਰੇ ਮੰਦਰ ਵਿੱਚ ਘਰ ਬਣਾ ਲਿਆ ਹੈ। 
ਉਹ ਤੁਹਾਡੀ ਜਗਵੇਦੀ ਨੇੜੇ ਆਪਣੇ ਆਲ੍ਹਣੇ ਬਣਾਉਂਦੇ ਹਨ 
ਅਤੇ ਉੱਥੇ ਹੀ ਉਹ ਆਪਣੇ ਬੱਚੇ ਪੈਦਾ ਕਰਦੇ ਹਨ। 
4 ਤੁਹਾਡੇ ਮੰਦਰ ਵਿੱਚ ਰਹਿਣ ਵਾਲੇ ਲੋਕ ਬਹੁਤ ਸੁਭਾਗੇ ਹਨ। 
ਉਹ ਹਾਲੇ ਵੀ ਤੁਹਾਡੀ ਉਸਤਤਿ ਕਰ ਰਹੇ ਹਨ। 
5 ਦਿਲਾਂ ਅੰਦਰ ਗੀਤ ਲੈ ਕੇ ਆਉਣ ਵਾਲੇ ਲੋਕ 
ਤੁਹਾਡੇ ਮੰਦਰ ਵਿੱਚ ਬਹੁਤ ਖੁਸ਼ ਹਨ। 
6 ਉਹ ਬਾਕਾ ਵਾਦੀ ਵਿੱਚੋਂ ਦੀ ਸਫ਼ਰ ਕਰਦੇ ਹਨ 
ਜਿਹੜੀ ਪਰਮੇਸ਼ੁਰ ਨੇ ਚਸ਼ਮੇ ਵਾਂਗ ਬਣਾਈ ਹੈ। 
ਪਤਝੜ ਦੀ ਵਰੱਖਾ ਪਾਣੀ ਦੇ ਤਲਾ ਬਣਾਉਂਦੀ ਹੈ। 
7 ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ 
ਜਿੱਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ। 
8 ਯਹੋਵਾਹ ਸਰਬ ਸ਼ਕਤੀਮਾਨ ਮੇਰੀ ਪ੍ਰਾਰਥਨਾ ਸੁਣੋ। 
ਯਾਕੂਬ ਦੇ ਪਰਮੇਸ਼ੁਰ, ਮੇਰੀ ਗੱਲ ਸੁਣੋ। 
9 ਹੇ ਪਰਮੇਸ਼ੁਰ ਸਾਡੇ ਰੱਖਿਅਕ ਦੀ ਰੱਖਿਆ ਕਰੋ। 
ਆਪਣੇ ਚੁਣੇ ਹੋਏ ਰਾਜੇ ਉੱਤੇ ਮਿਹਰ ਕਰੋ। 
10 ਤੁਹਾਡੇ ਮੰਦਰ ਵਿੱਚਲਾ ਇੱਕ ਵੀ ਦਿਨ 
ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ। 
ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜੇ ਹੋਣਾ 
ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ। 
11 ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ। 
ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ। 
ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ 
ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ। 
12 ਯਹੋਵਾਹ ਸਰਬ ਸ਼ਕਤੀਮਾਨ ਜਿਹੜੇ ਲੋਕ ਤੁਹਾਡੇ ਉੱਤੇ ਵਿਸ਼ਵਾਸ ਕਰਦੇ ਹਨ ਉਹ ਸੱਚਮੁੱਚ ਪ੍ਰਸੰਨ ਹਨ।