੬
ਸਬਤ ਦਾ ਪ੍ਰਭੂ
(ਮੱਤੀ 12:1-18; ਮਰਕੁਸ 2:23-28)
੧ ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ । ੨ ਤਦ ਫ਼ਰੀਸੀਆਂ ਵਿੱਚੋਂ ਕਈਆਂ ਨੇ ਆਖਿਆ, ਤੁਸੀਂ ਉਹ ਕੰਮ ਕਿਉਂ ਕਰਦੇ ਹੋ ਜਿਹੜਾ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ ? ੩ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ ? ੪ ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਨ੍ਹਾਂ ਦਾ ਖਾਣਾ ਜਾਜਕਾਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ ? ੫ ਫੇਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ ।
ਸੁੱਕੇ ਹੱਥ ਵਾਲੇ ਮਨੁੱਖ ਨੂੰ ਚੰਗਾ ਕਰਨਾ
(ਮੱਤੀ 12:9-14; ਮਰਕੁਸ 3:1-6)
੬ ਇੱਕ ਹੋਰ ਸਬਤ ਦੇ ਦਿਨ ਅਜਿਹਾ ਹੋਇਆ ਕਿ ਉਹ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ, ਉੱਥੇ ਇੱਕ ਮਨੁੱਖ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ । ੭ ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ । ੮ ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ ਅਤੇ ਉਹ ਉੱਠ ਖੜ੍ਹਾ ਹੋਇਆ । ੯ ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ ? ਜਾਨ ਬਚਾਉਣੀ ਜਾਂ ਨਾਸ ਕਰਨੀ ? । ੧੦ ਤਦ ਯਿਸੂ ਨੇ ਉਨ੍ਹਾਂ ਸਭਨਾਂ ਵੱਲ ਚਾਰੋਂ ਪਾਸੇ ਵੇਖ ਕੇ ਆਖਿਆ, “ਆਪਣਾ ਹੱਥ ਵਧਾ” । ਤਦ ਉਸ ਨੇ ਆਪਣਾ ਹੱਥ ਵਧਾਇਆ ਅਤੇ ਉਸ ਦਾ ਹੱਥ ਚੰਗਾ ਹੋ ਗਿਆ । ੧੧ ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ ? ।
ਬਾਰਾਂ ਚੇਲਿਆਂ ਦੀ ਨਿਯੁਕਤੀ
(ਮੱਤੀ 10:1-4; ਮਰਕੁਸ 3:13-19)
੧੨ ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਤੇ ਪਰਮੇਸ਼ੁਰ ਅੱਗੇ ਸਾਰੀ ਰਾਤ ਪ੍ਰਾਰਥਨਾ ਕਰਦਾ ਰਿਹਾ । ੧੩ ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ ੧੪ ਸ਼ਮਊਨ ਜਿਸ ਦਾ ਨਾਮ ਉਸ ਨੇ ਪਤਰਸ ਵੀ ਰੱਖਿਆ ਅਤੇ ਉਸ ਦਾ ਭਰਾ ਅੰਦ੍ਰਿਯਾਸ ਅਤੇ ਯਾਕੂਬ ਅਤੇ ਯੂਹੰਨਾ ਅਤੇ ਫ਼ਿਲਿੱਪੁਸ ਅਤੇ ਬਰਥੁਲਮਈ ੧੫ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਈ ਦਾ ਪੁੱਤਰ ਯਾਕੂਬ ਅਤੇ ਸ਼ਮਊਨ ਜਿਹੜਾ ਦੇਲੋਤੇਸ ਅਖਵਾਉਂਦਾ ਹੈ ੧੬ ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ ।
ਸਿਖਾਉਣਾ ਅਤੇ ਚੰਗਾ ਕਰਨਾ
(ਮੱਤੀ 4:23-25)
੧੭ ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ । ੧੮ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਤੋਂ ਦੁੱਖੀ ਸਨ ਉਹ ਚੰਗੇ ਕੀਤੇ ਗਏ । ੧੯ ਅਤੇ ਸਾਰੇ ਲੋਕ ਉਸ ਨੂੰ ਛੂਹਣਾ ਚਾਹੁੰਦੇ ਸਨ ਇਸ ਲਈ ਜੋ ਸਮਰੱਥਾ ਉਸ ਤੋਂ ਨਿੱਕਲ ਕੇ ਸਭਨਾਂ ਨੂੰ ਚੰਗਾ ਕਰਦੀ ਸੀ ।
ਬਰਕਤ ਅਤੇ ਹਾਏ
(ਮੱਤੀ 5:1-12)
੨੦ ਤਦ ਉਸ ਨੇ ਆਪਣਿਆਂ ਚੇਲਿਆਂ ਉੱਤੇ ਨਿਗਾਹ ਕਰ ਕੇ ਆਖਿਆ, ਧੰਨ ਹੋ ਤੁਸੀਂ ਜਿਹੜੇ ਗਰੀਬ ਹੋ ਕਿਉਂ ਜੋ ਸਵਰਗ ਰਾਜ ਤੁਹਾਡਾ ਹੈ । ੨੧ ਧੰਨ ਹੋ ਤੁਸੀਂ ਜਿਹੜੇ ਹੁਣ ਭੁੱਖੇ ਹੋ ਕਿਉਂ ਜੋ ਤੁਸੀਂ ਰਜਾਏ ਜਾਓਗੇ । ਧੰਨ ਹੋ ਤੁਸੀਂ ਜਿਹੜੇ ਹੁਣ ਰੋਂਦੇ ਹੋ ਕਿਉਂ ਜੋ ਹੱਸੋਗੇ । ੨੨ ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ । ੨੩ ਉਸ ਦਿਨ ਅਨੰਦ ਮਨਾਉਣਾ ਤੇ ਖੁਸ਼ੀ ਨਾਲ ਉੱਛਲਣਾ ਕਿਉਂ ਜੋ ਵੇਖੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਵੀ ਨਬੀਆਂ ਨਾਲ ਵੀ ਇਸੇ ਤਰ੍ਹਾਂ ਕੀਤਾ ਸੀ । ੨੪ ਪਰ ਹਾਏ ਤੁਹਾਡੇ ਉੱਤੇ ਜਿਹੜੇ ਧਨਵਾਨ ਹੋ ਕਿਉਂ ਜੋ ਤੁਸੀਂ ਆਪਣੀ ਤਸੱਲੀ ਲੈ ਚੁੱਕੇ । ੨੫ ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ । ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ । ੨੬ ਹਾਏ ਤੁਹਾਡੇ ਉੱਤੇ ਜਦ ਸਭ ਲੋਕ ਤੁਹਾਡੀ ਪ੍ਰਸੰਸਾ ਕਰਨ ਕਿਉਂ ਜੋ ਉਨ੍ਹਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ ।
ਵੈਰੀਆਂ ਦੇ ਨਾਲ ਪਿਆਰ
(ਮੱਤੀ 5:38-48, 7:12)
੨੭ ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ । ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ । ੨੮ ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ । ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ । ੨੯ ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ । ੩੦ ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ । ੩੧ ਅਤੇ ਜਿਹੋ ਜਿਹਾ ਤੁਸੀਂ ਚਾਹੁੰਦੇ ਹੋ ਜੋ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ । ੩੨ ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਭਲਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ ? ੩੩ ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ ? ੩੪ ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ । ੩੫ ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ । ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ । ੩੬ ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ ।
ਦੋਸ਼ ਨਾ ਲਗਾਓ
(ਮੱਤੀ 7:1-4)
੩੭ ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ । ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ । ੩੮ ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ ਦੱਬ ਕੇ ਹਿਲਾ ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ । ੩੯ ਤਦ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ, ਕੀ ਅੰਨ੍ਹਾ ਅੰਨ੍ਹੇ ਦਾ ਆਗੂ ਹੋ ਸਕਦਾ ਹੈ ? ਕੀ ਉਹ ਦੋਵੇਂ ਟੋਏ ਵਿੱਚ ਨਾ ਡਿੱਗਣਗੇ ? ੪੦ ਚੇਲਾ ਗੁਰੂ ਨਾਲੋਂ ਵੱਡਾ ਨਹੀਂ ਪਰ ਜੋ ਕੋਈ ਸਿੱਧ ਹੋਵੇਗਾ, ਉਹ ਆਪਣੇ ਗੁਰੂ ਵਰਗਾ ਹੋਵੇਗਾ । ੪੧ ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਧਿਆਨ ਨਹੀਂ ਦਿੰਦਾ ? ੪੨ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ, ਕਿ ਲਿਆ ! ਉਸ ਕੱਖ ਨੂੰ ਜੋ ਤੇਰੀ ਅੱਖ ਵਿੱਚ ਹੈ ਕੱਢ ਦਿਆਂ ? ਪਰ ਤੂੰ ਉਸ ਸ਼ਤੀਰ ਨੂੰ ਜਿਹੜਾ ਤੇਰੀ ਆਪਣੀ ਅੱਖ ਵਿੱਚ ਹੈ ਨਹੀਂ ਵੇਖਦਾ । ਹੇ ਕਪਟੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਚੰਗੀ ਤਰ੍ਹਾਂ ਵੇਖ ਕੇ ਤੂੰ ਉਸ ਕੱਖ ਨੂੰ ਜੋ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ ।
ਜਿਸ ਤਰ੍ਹਾਂ ਦਾ ਰੁੱਖ ਉਸੇ ਤਰ੍ਹਾਂ ਦਾ ਫਲ
(ਮੱਤੀ 7:16-20, 12:33-35)
੪੩ ਕੋਈ ਚੰਗਾ ਰੁੱਖ ਨਹੀਂ ਹੈ ਜਿਹੜਾ ਮਾੜਾ ਫਲ ਦੇਵੇ ਅਤੇ ਫੇਰ ਕੋਈ ਮਾੜਾ ਰੁੱਖ ਨਹੀਂ ਹੈ ਜਿਹੜਾ ਚੰਗਾ ਫਲ ਦੇਵੇ । ੪੪ ਹਰੇਕ ਰੁੱਖ ਆਪਣੇ ਫਲਾਂ ਤੋਂ ਪਛਾਣਿਆਂ ਜਾਂਦਾ ਹੈ । ਕਿਉਂ ਜੋ ਲੋਕ ਕੰਡਿਆਲੀਆਂ ਤੋਂ ਹੰਜ਼ੀਰ ਨਹੀਂ ਤੋੜਦੇ, ਅਤੇ ਨਾ ਹੀ ਝਾੜੀਆਂ ਤੋਂ ਦਾਖ ਤੋੜਦੇ ਹਨ । ੪੫ ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ ।
ਘਰ ਬਣਾਉਣ ਵਾਲੇ ਦੋ ਮਨੁੱਖ
(ਮੱਤੀ 7:24-27)
੪੬ ਤੁਸੀਂ ਮੈਨੂੰ “ਪ੍ਰਭੂ, ਪ੍ਰਭੂ” ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ ? ੪੭ ਹਰੇਕ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਬਚਨ ਸੁਣ ਕੇ ਉਨ੍ਹਾਂ ਨੂੰ ਮੰਨਦਾ ਹੈ ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹ ਕਿਸ ਵਰਗਾ ਹੈ । ੪੮ ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ । ੪੯ ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ ।